ਅਮਿਤ ਸ਼ਾਹ ਦੀ 'ਵਿਵਾਦਿਤ' ਟਿੱਪਣੀ ਤੋਂ ਬਾਅਦ ਪੰਜਾਬ ਸਭਾ 'ਚ ਹੰਗਾਮਾ, ਨਿੰਦਾ ਪ੍ਰਸਤਾਵ ਲਿਆਉਣ ਦੀ ਉੱਠੀ ਮੰਗ, ਭਾਜਪਾ ਨੇ ਕੀਤਾ ਵਿਰੋਧ
ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਸਾਨੂੰ ਰਾਜਨੀਤਿਕ ਭਾਸ਼ਣਾਂ ਦੇ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਨਾਂਅ ਸੋਚ ਸਮਝ ਕੇ ਲੈਣਾ ਚਾਹੀਦਾ ਹੈ। ਜੇ ਕਿਸੇ ਨੂੰ ਜਾਣਕਾਰੀ ਨਹੀਂ ਹੈ ਤਾਂ ਉਸ ਨੂੰ ਦੱਸਿਆ ਜਾਵੇ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਨੂੰ ਕਿਵੇਂ ਬਹਾਲ ਰੱਖਿਆ ਜਾਵੇ।
Punjab News: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸ਼ੁੱਕਰਵਾਰ ਨੂੰ ਰਾਜ ਸਭਾ ’ਚ ਆਪਣੇ ਸੰਬੋਧਨ ਦੌਰਾਨ ਕਿਹਾ ਸੀ ਭਿੰਡਰਾਂਵਾਲਾ ਬਣਨ ਦੀ ਕੋਸ਼ਿਸ਼ ਕਰਨ ਵਾਲਾ ਵਿਅਕਤੀ ਹੁਣ ਅਸਾਮ ਦੀ ਜੇਲ੍ਹ ’ਚ ਬੈਠਾ ਹੈ ਤੇ ਉੱਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਠ ਕਰ ਰਿਹਾ ਹੈ। ਇਸ ਨੂੰ ਲੈ ਕੇ ਹੁਣ ਪੰਜਾਬ ਵਿਧਾਨ ਸਭਾ ਵਿੱਚ ਹੰਗਾਮਾ ਹੋਇਆ ਹੈ।
ਅਮਿਤ ਸ਼ਾਹ ਦੇ ਇਸ ਬਿਆਨ ਉੱਤੇ ਸਖ਼ਤ ਇਤਰਾਜ਼ ਜ਼ਾਹਰ ਕਰਦਿਆਂ ਪ੍ਰਤਾਪ ਸਿੰਘ ਬਾਜਵਾ ਨੇ ਵਿਧਾਨ ਸਭਾ ਵਿੱਚ ਕਿਹਾ ਕਿ ਗ੍ਰਹਿ ਮੰਤਰੀ ਨੂੰ ਸ਼ਾਇਦ ਇਸ ਦੀ ਇਲਮ ਨਹੀਂ ਹੈ ਕਿ ਜੇਲ੍ਹ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਬਿਨਾਂ ਉੱਥੇ ਪਾਠ ਨਹੀਂ ਹੋ ਸਕਦਾ, ਪਾਠ ਸ੍ਰੀ ਗੁਟਕਾ ਸਾਹਿਬ ਤੋਂ ਹੁੰਦਾ ਹੈ, ਜੇਲ੍ਹ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਤੋਂ ਪਾਠ ਕਿਵੇਂ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਜੇ ਕਿਸੇ ਧਰਮ ਬਾਰੇ ਜਾਣਕਾਰੀ ਨਹੀਂ ਹੈ ਤਾਂ ਬੋਲਣਾ ਨਹੀਂ ਚਾਹੀਦਾ। ਇਸ ਮੌਕੇ ਬਾਜਵਾ ਨੇ ਵਿਧਾਨ ਵਿੱਚ ਇਸ ਮਾਮਲੇ ਨੂੰ ਲੈ ਕੇ ਨਿੰਦਾ ਪ੍ਰਸਤਾਵ ਦੀ ਮੰਗ ਕੀਤੀ ਹੈ।
ਇਸ ਤੋਂ ਬਾਅਦ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਸਾਨੂੰ ਰਾਜਨੀਤਿਕ ਭਾਸ਼ਣਾਂ ਦੇ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਨਾਂਅ ਸੋਚ ਸਮਝ ਕੇ ਲੈਣਾ ਚਾਹੀਦਾ ਹੈ। ਜੇ ਕਿਸੇ ਨੂੰ ਜਾਣਕਾਰੀ ਨਹੀਂ ਹੈ ਤਾਂ ਉਸ ਨੂੰ ਦੱਸਿਆ ਜਾਵੇ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਨੂੰ ਕਿਵੇਂ ਬਹਾਲ ਰੱਖਿਆ ਜਾਵੇ।
ਇਸ ਤੋਂ ਬਾਅਦ ਭਾਰਤੀ ਜਨਤਾ ਪਾਰਟੀ ਦੇ ਲੀਡਰ ਅਸ਼ਵਨੀ ਕੁਮਾਰ ਨੇ ਪ੍ਰਤਾਪ ਸਿੰਘ ਬਾਜਵਾ ਨੂੰ ਕਿਹਾ ਕਿ ਉਹ ਪੰਜਾਬ ਦੇ ਵਾਤਾਵਰਨ ਨੂੰ ਖ਼ਰਾਬ ਨਾ ਕਰਨ, ਸਿੱਖਾਂ ਦੀਆਂ ਭਾਵਨਾਵਾਂ ਨੂੰ ਭੜਕਾਅ ਕੇ ਪਹਿਲਾਂ ਵੀ ਬਹੁਤ ਨੁਕਸਾਨ ਹੋ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਕੋਈ ਵੀ ਅਜਿਹੀ ਗੱਲ ਨਾ ਕਹੀ ਜਾਵੇ ਜਿਸ ਨਾਲ ਭਾਈਚਾਰੇ ਨੂੰ ਠੇਸ ਪਹੁੰਚੇ।
ਅਸ਼ਵਨੀ ਕੁਮਾਰ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਉਸ ਵੇਲੇ ਜੋ ਐਕਸ਼ਨ ਲਿਆ ਸੀ ਉਹ ਬਿਲਕੁਲ ਸਹੀ ਸੀ, ਕਿਉਂ ਪੰਜਾਬ ਜਿਹੜੀ ਰਾਹ ਵੱਲ ਤੁਰ ਪਿਆ ਸੀ ਹੁਣ ਉਹ ਰੁਕ ਗਿਆ ਹੈ। ਕੀ ਅਸੀਂ ਪੰਜਾਬ ਵਿੱਚ ਇਹੋ ਜਿਹਾ ਮਾਹੌਲ ਚਾਹੁੰਦੇ ਹਾਂ ਇਸ ਤੋਂ ਬਾਅਦ ਸਪੀਕਰ ਸੰਧਵਾਂ ਨੇ ਕਿਹਾ ਕਿ ਜਿਹੜੇ ਲੋਕਾਂ ਨੂੰ ਨਹੀਂ ਪਤਾ ਉਨ੍ਹਾਂ ਨੂੰ ਦੱਸਿਆ ਜਾਵੇ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਭਾਸ਼ਣਾਂ ਤੋਂ ਦੂਰ ਰੱਖਿਆ ਜਾਵੇ।
ਜ਼ਿਕਰ ਕਰ ਦਈਏ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਰਾਜ ਸਭਾ ਵਿੱਚ ਸੰਬੋਧਨ ਕਰਦਿਆਂ ਕਿਹਾ ਸੀ ਕਿ ਪੰਜਾਬ ਵਿੱਚ ਵੀ ਕੁਝ ਲੋਕ ਭਿੰਡਰਵਾਲਾ ਬਣਨਾ ਚਾਹੁੰਦੇ ਸੀ ਪਰ ਸਰਕਾਰ ਨੇ ਉਨ੍ਹਾਂ ਨੂੰ ਅੱਗੇ ਨਹੀਂ ਵਧਣ ਦਿੱਤਾ ਤੇ ਅੱਜ ਉਹ ਅਸਾਮ ਦੀ ਜੇਲ੍ਹ 'ਚ ਬੰਦ ਹਨ ਭਾਵੇਂ ਕਿ ਉੱਥੇ ਸਾਡੀ ਸਰਕਾਰ ਨਹੀਂ ਹੈ, ਪਰ ਇਹ ਗ੍ਰਹਿ ਮੰਤਰਾਲੇ ਦਾ ਹੀ ਦ੍ਰਿੜ ਇਰਾਦਾ ਸੀ ਕਿ ਉਹ ਇਸ ਸਮੇਂ ਸਲਾਖਾਂ ਪਿੱਛੇ ਹਨ ਤੇ ਅਸਾਮ ਜੇਲ੍ਹ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਠ ਕਰ ਰਹੇ ਹਨ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
